ਮੋਗਾ : ਵਧੀਕ ਜਿਲ੍ਹਾ ਚੋਣ ਅਫਸਰ ਕਮ- ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 01.01.2025 ਦੇ ਅਧਾਰ ਤੇ ਮਿਤੀ 28.11.2024 ਤੱਕ ਵੋਟਰ ਸੂਚੀਆਂ ਦੀ ਸੁਧਾਈ ਦੀ ਮੁਹਿੰਮ ਚਲਾਈ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਜਾਰੀ ਸ਼ੈਡਿਊਲ ਅਨੁਸਾਰ ਵਿਧਾਨ ਸਭਾ ਚੋਣ ਹਲਕਿਆਂ ਵਿੱਚ ਨਿਯੁਕਤ ਕੀਤੇ ਗਏ ਬੂਥ ਲੈਵਲ ਅਫਸਰਾਂ ਵਲੋਂ 23 ਨਵੰਬਰ (ਦਿਨ ਸ਼ਨੀਵਾਰ ), 24 ਨਵੰਬਰ ( ਦਿਨ ਐਤਵਾਰ ) ਨੂੰ ਆਪਣੇ- ਆਪਣੇ ਨਿਰਧਾਰਤ ਪੋਲਿੰਗ ਸਟੇਸ਼ਨਾਂ ਉਤੇ ਸਪੈਸ਼ਲ ਕੈਂਪ ਲਗਾਏ ਜਾ ਰਹੇ ਹਨ।
ਜਿਸ ਵਿੱਚ ਕੋਈ ਵੀ ਯੋਗ ਵਿਅਕਤੀ ਜਿਸ ਦੀ ਉਮਰ 01 ਜਨਵਰੀ 2025 ਨੂੰ 18 ਸਾਲ ਪੂਰੀ ਹੋ ਜਾਂਦੀ ਹੈ ਅਤੇ ਉਸਦਾ ਨਾਮ ਭਾਰਤ ਦੇਸ਼ ਦੇ ਕਿਸੇ ਵੀ ਚੋਣ ਹਲਕੇ ਦੀ ਵੋਟਰ ਸੂਚੀ ਵਿੱਚ ਸ਼ਾਮਲ ਨਹੀਂ ਹੈ, ਤਾਂ ਉਹ ਆਪਣਾ ਨਾਮ ਵੋਟਰ ਸੂਚੀ ਵਿੱਚ ਸ਼ਾਮਲ ਕਰਵਾਉਣ ਲਈ ਫਾਰਮ ਨੰ: 6 ਭਰਕੇ ਬਤੌਰ ਵੋਟਰ ਰਜਿਸਟਰ ਹੋ ਸਕਦਾ ਹੈ।
ਵੋਟਰ ਸੂਚੀ ਵਿਚ ਸ਼ਾਮਲ ਨਾਮ ਬਾਰੇ ਇਤਰਾਜ ਜਾਂ ਵੋਟ ਕਟਵਾਉਣ/ਦਰੁਸਤੀ ਲਈ ਫਾਰਮ ਨੰਬਰ 7 ਭਰਿਆ ਜਾ ਸਕਦਾ ਹੈ ਜਦਕਿ ਡੁਪਲੀਕੇਟ ਵੋਟਰ ਕਾਰਡ ਲਈ ਫਾਰਮ ਨੰਬਰ 8 ਭਰ ਕੇ ਬੂਥ ਲੈਵਲ ਅਧਿਕਾਰੀ/ਸਹਾਇਕ ਚੋਣ ਰਜਿਸਟਰੇਸ਼ਨ ਅਫ਼ਸਰ ਦੇ ਦਫ਼ਤਰ ਜਾਂ ਵੋਟਰ ਹੈਲਪਲਾਈਨ ਐਪ ਜਾਂ ਐਨ.ਵੀ.ਐਸ.ਪੀ. ਪੋਰਟਲ ਰਾਹੀਂ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।
ਉਹਨਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 10 ਵਜੇ ਤੋਂ ਸ਼ਾਮ 5 ਵਜੇ ਤੱਕ ਆਪਣੇ ਨੇੜਲੇ ਪੋਲਿੰਗ ਸਟੇਸ਼ਨ ਤੇ ਪਹੁੰਚ ਕੇ ਵੋਟਾਂ ਬਣਾਉਣ ਸੰਬੰਧੀ ਲਾਹਾ ਲੈ ਸਕਦੇ ਹਨ।ਉਨ੍ਹਾਂ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਵੋਟਰ ਸੂਚੀਆਂ ਦੀ ਸੁਧਾਈ ਬਾਰੇ ਵੱਧ ਤੋਂ ਵੱਧ ਪ੍ਰਚਾਰ/ਪ੍ਰਸਾਰ ਕੀਤਾ ਜਾਵੇ।