ਚੰਡੀਗੜ੍ਹ: ਹਾਲ ਹੀ ’ਚ ਹੋਈਆਂ ਲੋਕ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਵਲੋਂ ਪੰਜਾਬ ’ਚ ਅਪਣੀ ਕਾਰਗੁਜ਼ਾਰੀ ਦੀ ਸਮੀਖਿਆ ਕੀਤੇ ਜਾਣ ’ਤੇ ਪੰਜਾਬ ਇਕਾਈ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਨਿਚਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਨੇ ਆਮ ਚੋਣਾਂ ’ਚ ‘ਬਿਹਤਰ’ ਪ੍ਰਦਰਸ਼ਨ ਕੀਤਾ ਹੈ ਪਰ ਜ਼ੋਰ ਦੇ ਕੇ ਕਿਹਾ ਕਿ ‘ਬਿਹਤਰ ਕਾਫ਼ੀ ਨਹੀਂ ਹੈ’।
ਉਨ੍ਹਾਂ ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਦੀਆਂ ਰਵਾਇਤੀ ਲੋਕ ਸਭਾ ਸੀਟਾਂ ’ਤੇ ਭਾਜਪਾ ਦੀ ਹਾਰ ’ਤੇ ਚਿੰਤਾ ਜ਼ਾਹਰ ਕਰਦਿਆਂ ਕਿਹਾ ਕਿ ਇਨ੍ਹਾਂ ਹਲਕਿਆਂ ਦੇ ਨਤੀਜੇ ਉਮੀਦਾਂ ਅਨੁਸਾਰ ਨਹੀਂ ਰਹੇ। ਭਾਜਪਾ ਦੀ ਪੰਜਾਬ ਇਕਾਈ ਨੇ ਸਨਿਚਰਵਾਰ ਨੂੰ ਪਾਰਟੀ ਉਮੀਦਵਾਰਾਂ, ਅਹੁਦੇਦਾਰਾਂ ਅਤੇ ਪਾਰਟੀ ਦੇ ਹੋਰ ਨੇਤਾਵਾਂ ਨਾਲ ਮੀਟਿੰਗਾਂ ਕੀਤੀਆਂ ਅਤੇ ਹਾਲ ਹੀ ’ਚ ਹੋਈਆਂ ਲੋਕ ਸਭਾ ਚੋਣਾਂ ’ਚ ਅਪਣੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ।
ਪੰਜਾਬ ’ਚ 2024 ਦੀਆਂ ਆਮ ਚੋਣਾਂ ਦੌਰਾਨ ਭਾਜਪਾ 13 ਲੋਕ ਸਭਾ ਸੀਟਾਂ ’ਚੋਂ ਇਕ ਵੀ ਸੀਟ ਨਹੀਂ ਜਿੱਤ ਸਕੀ ਸੀ। ਹਾਲਾਂਕਿ, ਭਾਜਪਾ ਦਾ ਵੋਟ ਹਿੱਸਾ 2019 ਦੇ 9.63 ਫ਼ੀ ਸਦੀ ਤੋਂ ਦੁੱਗਣਾ ਹੋ ਕੇ 18.56 ਫ਼ੀ ਸਦੀ ਹੋ ਗਿਆ।
ਮੀਡੀਆ ਨੂੰ ਸੰਬੋਧਨ ਕਰਦਿਆਂ ਜਾਖੜ, ਜੋ ਭਾਜਪਾ ਦੀ ਪੰਜਾਬ ਇਕਾਈ ਦੇ ਪ੍ਰਧਾਨ ਵੀ ਹਨ, ਨੇ ਕਿਹਾ, ‘‘ਪਾਰਟੀ ਨੇ ਲੋਕ ਸਭਾ ਚੋਣਾਂ ’ਚ ਬਿਹਤਰ ਪ੍ਰਦਰਸ਼ਨ ਕੀਤਾ ਹੈ। ਅਸੀਂ ਚੰਗਾ ਪ੍ਰਦਰਸ਼ਨ ਕੀਤਾ ਪਰ ਬਿਹਤਰ ਪ੍ਰਦਰਸ਼ਨ ਕਾਫੀ ਨਹੀਂ ਹੈ। ਸਾਨੂੰ ਸਫਲ ਹੋਣਾ ਪਵੇਗਾ।’’
ਇਸ ਮੌਕੇ ਕੇਂਦਰੀ ਰੇਲਵੇ ਅਤੇ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਵੀ ਮੌਜੂਦ ਸਨ। ਜਾਖੜ ਨੇ ਕਿਹਾ, ‘‘ਚੋਣਾਂ ’ਚ ਬਿਹਤਰ ਪ੍ਰਦਰਸ਼ਨ ਕਰਨਾ ਭਾਜਪਾ ਦਾ ਟੀਚਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਪੰਜਾਬ ’ਚ ਭਾਜਪਾ ਨੂੰ ਸਫਲ ਬਣਾਉਣਾ ਸੀ।’’
ਹਾਲਾਂਕਿ ਉਨ੍ਹਾਂ ਨੇ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦਾ ਚੋਣਾਂ ’ਚ ਉਨ੍ਹਾਂ ਦੇ ਯਤਨਾਂ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ, ‘‘ਸਾਨੂੰ ਸਫਲਤਾ ਨਹੀਂ ਮਿਲੀ ਪਰ ਲੋਕਾਂ ਨੇ ਭਾਜਪਾ ਨੂੰ ਬਹੁਤ ਸਮਰਥਨ ਦਿਤਾ।’’ ਗੁਰਦਾਸਪੁਰ, ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਦੀਆਂ ਰਵਾਇਤੀ ਸੀਟਾਂ ’ਤੇ ਭਾਜਪਾ ਦੀ ਹਾਰ ’ਤੇ ਜਾਖੜ ਨੇ ਕਿਹਾ ਕਿ ਪਾਰਟੀ ਇਹ ਪਤਾ ਲਗਾਏਗੀ ਕਿ ਕਮੀਆਂ ਕਿੱਥੇ ਸਨ।
ਜਾਖੜ ਨੇ ਕਾਂਗਰਸ ਅਤੇ ‘ਆਪ’ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ’ਤੇ ਮਿਲੀਭੁਗਤ ਦਾ ਦੋਸ਼ ਲਾਇਆ। ਮੌਜੂਦਾ ਸਿਆਸੀ ਦ੍ਰਿਸ਼ ਨੂੰ ਵੇਖਦੇ ਹੋਏ ਜਾਖੜ ਨੇ ਕਿਹਾ ਕਿ ਭਾਜਪਾ ਨੂੰ ਪੰਜਾਬ ਵਿਚ ਵਿਰੋਧੀ ਧਿਰ ਦੀ ਭੂਮਿਕਾ ਨਿਭਾਉਣੀ ਪਵੇਗੀ।
ਇਕ ਸਵਾਲ ਦੇ ਜਵਾਬ ਵਿਚ ਜਾਖੜ ਨੇ ਕਿਹਾ ਕਿ ਉਨ੍ਹਾਂ ਨੂੰ ਮੀਡੀਆ ਰਾਹੀਂ ਪਤਾ ਲੱਗਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ 10 ਜੁਲਾਈ ਨੂੰ ਜਲੰਧਰ ਪਛਮੀ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਕੁੱਝ ਦਿਨਾਂ ਲਈ ਜਲੰਧਰ ਵਿਚ ਡੇਰਾ ਲਾ ਰਹੇ ਹਨ।
ਉਨ੍ਹਾਂ ਕਿਹਾ, ‘‘ਮੁੱਖ ਮੰਤਰੀ ਅਪਣੀ ਪਾਰਟੀ ਦੀ ਜਿੱਤ ਯਕੀਨੀ ਨਹੀਂ ਬਣਾਉਣਗੇ। ਉਹ ਅਪਣਾ ਮੁੱਖ ਮੰਤਰੀ ਦਾ ਅਹੁਦਾ ਬਚਾਉਣ ਲਈ ਉੱਥੇ ਜਾ ਰਹੇ ਹਨ।’’ ਉਨ੍ਹਾਂ ਕਿਹਾ ਕਿ ਬਿੱਟੂ ਪੰਜਾਬ ਦੇ ਭਖਦੇ ਮਸਲਿਆਂ ਨੂੰ ਕੇਂਦਰ ਕੋਲ ਉਠਾਉਣਗੇ ਤਾਂ ਜੋ ਇਨ੍ਹਾਂ ਦਾ ਹੱਲ ਕੀਤਾ ਜਾ ਸਕੇ। ਬਿੱਟੂ ਲੁਧਿਆਣਾ ਸੀਟ ਤੋਂ ਚੋਣ ਹਾਰ ਗਏ ਸਨ।
ਇਸ ਲੋਕ ਸਭਾ ਚੋਣਾਂ ’ਚ ਕਾਂਗਰਸ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ’ਚੋਂ ਸੱਤ ਸੀਟਾਂ ਜਿੱਤ ਕੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਅਤੇ ਵਿਰੋਧੀ ਧਿਰ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ ਦਿਤਾ ਹੈ। ਸੂਬੇ ’ਚ ਦੋ ਆਜ਼ਾਦ ਉਮੀਦਵਾਰ ਵੀ ਜਿੱਤੇ।
ਕੇਂਦਰ ਦੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਦੌਰਾਨ ਭਾਜਪਾ ਵਲੋਂ ਬਿੱਟੂ ਨੂੰ ਮੰਤਰੀ ਦਾ ਅਹੁਦਾ ਦਿਤੇ ਜਾਣ ਦਾ ਜ਼ਿਕਰ ਕਰਦਿਆਂ ਜਾਖੜ ਨੇ ਕਿਹਾ ਕਿ ਇਹ ਪਾਰਟੀ ਦਾ ਪੰਜਾਬ ’ਤੇ ਧਿਆਨ ਕੇਂਦਰਿਤ ਕਰਨ ਨੂੰ ਦਰਸਾਉਂਦਾ ਹੈ। ‘ਆਪ’ ਨੇ ਤਿੰਨ ਸੀਟਾਂ ਜਿੱਤੀਆਂ, ਜਦਕਿ ਸ਼੍ਰੋਮਣੀ ਅਕਾਲੀ ਦਲ ਸਿਰਫ ਇਕ ਸੀਟ ਜਿੱਤ ਸਕਿਆ।