ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 4 ਦਿਨਾਂ ਬਾਅਦ ਹਸਪਤਾਲ ਤੋਂ ਛੁੱਟੀ ਮਿਲ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਪਿਛਲੇ 4 ਦਿਨਾਂ ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਦਾਖਲ ਸਨ ਅਤੇ ਉਨ੍ਹਾਂ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ।
ਮੋਹਾਲੀ ਦੇ ਫੋਰਟਿਸ ਹਸਪਤਾਲ ਵੱਲੋਂ ਸ਼ਾਮ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਨੂੰ ਲੈ ਕੇ ਬੁਲੇਟਿਨ ਜਾਰੀ ਕੀਤਾ ਗਿਆ ਹੈ। ਫੋਰਟਿਸ ਹਸਪਤਾਲ ਮੋਹਾਲੀ ਦੇ ਕਾਰਡੀਓਲੋਜੀ ਵਿਭਾਗ ਦੇ ਡਾਇਰੈਕਟਰ ਅਤੇ ਮੁਖੀ ਡਾ: ਆਰ ਕੇ ਜਸਵਾਲ ਨੇ ਦੱਸਿਆ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਅੱਜ ਦੁਪਹਿਰ 2 ਵਜੇ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ। ਉਨ੍ਹਾਂ ਦੇ ਸਾਰੇ ਪੈਥੋਲੋਜੀਕਲ ਟੈਸਟ ਨਾਰਮਲ ਸਨ, ਜਿਸ ਤੋਂ ਬਾਅਦ ਡਾਕਟਰਾਂ ਨੇ ਮੁੱਖ ਮੰਤਰੀ ਨੂੰ ਛੁੱਟੀ ਦੇਣ ਦਾ ਫੈਸਲਾ ਕੀਤਾ ਗਿਆ।
ਦੱਸਣਯੋਗ ਹੈ ਕਿ ਕੁੱਝ ਸਮਾਂ ਪਹਿਲਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਵਿੱਤ ਮੰਤਰੀ ਹਰਪਾਲ ਚੀਮਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲਣ ਲਈ ਫੋਰਟਿਸ ਹਸਪਤਾਲ ਪਹੁੰਚੇ ਸਨ ਅਤੇ ਉਨ੍ਹਾਂ ਦਾ ਹਾਲ-ਚਾਲ ਜਾਣਿਆ। ਉਨ੍ਹਾਂ ਕਿਹਾ ਸੀ ਕਿ ਮੁੱਖ ਮੰਤਰੀ ਮਾਨ ਹੁਣ ਪੂਰੀ ਤਰ੍ਹਾਂ ਤੰਦਰੁਸਤ ਹਨ।
ਅੱਜ ਸਵੇਰੇ ਕਾਂਗਰਸੀ ਆਗੂ ਪਰਗਟ ਸਿੰਘ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਪੁੱਜੇ ਸਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਭਾਵੇਂ ਮੈਂ ਆਮ ਆਦਮੀ ਪਾਰਟੀ ਅਤੇ ਸਰਕਾਰ ਦਾ ਵਿਰੋਧ ਕਰਦਾ ਰਿਹਾ ਹਾਂ ਪਰ ਮੁੱਖ ਮੰਤਰੀ ਪੂਰੇ ਸੂਬੇ ਦਾ ਹੈੱਡ ਹੁੰਦਾ ਹੈ। ਅਜਿਹੀ ਸਥਿਤੀ ਵਿੱਚ ਉਨ੍ਹਾਂ ਦਾ ਹਾਲ-ਚਾਲ ਪੁੱਛਣਾ ਸਾਡੀ ਜ਼ਿੰਮੇਵਾਰੀ ਹੈ। ਇਸ ਨਾਲ ਉਨ੍ਹਾਂ ਦਾ ਮਨੋਬਲ ਮਜ਼ਬੂਤ ਹੋਵੇਗਾ।
ਦੱਸ ਦੇਈਏ ਕਿ ਫੇਫੜਿਆਂ ‘ਚ ਹਲਕੀ ਸੋਜ ਦੇ ਕਾਰਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਬੁੱਧਵਾਰ ਅਤੇ ਵੀਰਵਾਰ ਦੀ ਰਾਤ ਨੂੰ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ। ਉਹ ਉੱਥੇ ਰੁਟੀਨ ਚੈਕਅੱਪ ਲਈ ਗਏ ਸਨ ਪਰ ਜਾਂਚ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਨੂੰ ਆਪਣੀ ਨਿਗਰਾਨੀ ਹੇਠ ਰੱਖਣ ਦਾ ਫੈਸਲਾ ਕੀਤਾ ਸੀ।