ਚੰਡੀਗੜ੍ਹ : ਲੰਬੇ ਸਮੇਂ ਤੋਂ ਵਿਵਾਦਾਂ ਵਿੱਚ ਘਿਰੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤੇ ਜਾਣ ਤੋਂ ਬਾਅਦ ਜਿਥੇ ਸਿਆਸੀ ਹਲਕਿਆਂ ਵਿੱਚ ਅਕਾਲੀ ਦਲ ਦੇ ਭਵਿੱਖ ਨੂੰ ਲੈ ਕੇ ਚਰਚਾ ਹੈ ਕਿ ਅਕਾਲੀ ਦਲ ਦਾ ਭਵਿੱਖ ਕਿ ਹੋਵੇਗਾ। ਉਥੇ ਹੀ ਅੱਜ ਅਕਾਲੀ ਦਲ ਦੀ ਵਰਕਿੰਗ ਕਮੇਟੀ ਵੱਲੋਂ ਬੈਠਕ ਬੁਲਾਈ ਗਈ ਹੈ। ਜਿਸ ਵਿੱਚ ਸੁਖਬੀਰ ਬਾਦਲ ਦੇ ਅਸਤੀਫੇ ਨੂੰ ਲੈਕੇ ਚਰਚਾ ਕੀਤੀ ਜਾਵੇਗੀ ਕਿ ਅਸਤੀਫਾ ਮਨਜ਼ੂਰ ਕੀਤਾ ਜਾਵੇਗਾ ਕਿ ਨਹੀਂ।
ਵਰਕਿੰਗ ਕਮੇਟੀ ਦੀ ਬੈਠਕ ‘ਚ ਹੋਵੇਗਾ ਫੈਸਲਾ
ਇਸ ਲਈ ਅੱਜ ਸਭ ਦੀਆਂ ਨਜ਼ਰਾਂ ਪਾਰਟੀ ਦੇ ਚੰਡੀਗੜ੍ਹ ਸਥਿਤ ਹੈੱਡਕੁਆਰਟਰ ਵਿਖੇ ਹੋਣ ਵਾਲੀ ਸ਼੍ਰੋਮਣੀ ਅਕਾਲੀ ਦਲ ਵਰਕਿੰਗ ਕਮੇਟੀ ਦੀ ਹੰਗਾਮੀ ਮੀਟਿੰਗ ’ਤੇ ਟਿਕੀਆਂ ਹੋਈਆਂ ਹਨ। ਮੀਟਿੰਗ ‘ਚ ਮੁੱਖ ਤੌਰ ‘ਤੇ ਬਾਦਲ ਦੇ ਅਸਤੀਫੇ ਅਤੇ ਪਾਰਟੀ ਦੀਆਂ ਚੋਣਾਂ ‘ਤੇ ਚਰਚਾ ਹੋਵੇਗੀ। ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ, “ਅਸੀਂ ਉਨ੍ਹਾਂ ਦੇ ਅਸਤੀਫ਼ੇ ‘ਤੇ ਚਰਚਾ ਕਰਾਂਗੇ, ਜਿਸ ਤੋਂ ਬਾਅਦ ਅਸੀਂ ਅਗਲੀ ਕਾਰਵਾਈ ਦਾ ਫੈਸਲਾ ਕਰਾਂਗੇ।” ਇਸ ਬੈਠਕ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ, ਸੀਨੀਅਰ ਆਗੂ ਦਲਜੀਤ ਚੀਮਾ ਅਤੇ ਸਮੂਹ ਅਕਾਲੀ ਵਫਦ ਸ਼ਾਮਿਲ ਹੋਵੇਗਾ।
ਬਾਗੀ ਧੜੇ ਦੀ ਫੈਸਲੇ ‘ਤੇ ਨਜ਼ਰ
ਉਧਰ, ਅਕਾਲੀ ਦਲ ਸੁਧਾਰ ਲਹਿਰ (ਬਾਗ਼ੀ ਧੜੇ) ਦੇ ਮੁੱਖ ਬੁਲਾਰੇ ਚਰਨਜੀਤ ਸਿੰਘ ਬਰਾੜ ਨੇ ਕਿਹਾ, ‘‘ਜਿਸ ਤਰ੍ਹਾਂ ਸੋਸ਼ਲ ਮੀਡੀਆ ‘ਤੇ ਮੁਹਿੰਮ ਚਲਾਈ ਜਾ ਰਹੀ ਹੈ, ਉਸ ਤੋਂ ਲੱਗਦਾ ਹੈ ਕਿ ਉਹ ਬਾਦਲ ਦਾ ਅਸਤੀਫ਼ਾ ਸਵੀਕਾਰ ਨਹੀਂ ਕਰਨਗੇ। ਹਾਲਾਂਕਿ,ਲੀਡਰਸ਼ਿਪ ਵਿੱਚ ਤਬਦੀਲੀ ਪੰਜਾਬ ਦੇ ਵਿਧਾਨ ਸਭਾ ਹਲਕਿਆਂ ਦੇ ਪਾਰਟੀ ਵਰਕਰਾਂ ਦੀ ਵੱਡੀ ਮੰਗ ਸੀ ਜਦੋਂ 2022 ਵਿੱਚ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਵਿੱਚ ਅਕਾਲੀ ਦਲ ਦੇ ਕਮੇਟੀ ਮੈਂਬਰਾਂ ਨੇ ਉਨ੍ਹਾਂ ਦਾ ਦੌਰਾ ਕੀਤਾ ਸੀ। ਉਹਨਾਂ ਕਿਹਾ ਕਿ ਅਸਤੀਫ਼ੇ ਦੇ ਆਲੇ-ਦੁਆਲੇ ਕਿਸੇ ਵੀ ਸਿਆਸੀ ਚਾਲਬਾਜ਼ੀ ਨੂੰ ਪਾਰਟੀ ਵਰਕਰਾਂ ਵੱਲੋਂ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪਾਰਟੀ ਦੀ ਭਲਾਈ ਲਾਈ ਅਸਤੀਫਾ ਜਰੂਰੀ
ਉਥੇ ਹੀ ਬਾਗੀੂ ਧੜੇ ਦੇ ਆਗੂ ਪਰਮਿੰਦਰ ਸਿੰਘ ਢਿੰਡਸਾ ਨੇ ਕਿਹਾ ਕਿ “ਸਾਡੀ ਸੁਖਬੀਰ ਬਾਦਲ ਨਾਲ ਕੋਈ ਨਿਜੀ ਦੁਸ਼ਮਣੀ ਨਹੀਂ ਹੈ, ਪਰ ਉਹਨਾਂ ਦੀਆਂ ਗਲਤੀਆਂ ਦਾ ਨਤੀਜਾ ਅਕਾਲੀ ਦਲ ਨੂੰ ਭੁਗਤਨਾ ਪਿਆ ਹੈ ਇਸ ਲਈ ਉਹਨਾਂ ਦਾ ਅਸਤੀਫਾ ਦੇਣਾ ਬਹੁਤ ਜ਼ਰੂਰੀ ਸੀ ਅਤੇ ਇਸ ਅਸਤੀਫੇ ਦਾ ਸੁਆਗਤ ਕੀਤਾ ਜਾਂਦਾ ਹੈ।”
ਇਹ ਸੀ ਪੂਰਾ ਮਾਮਲਾ
ਦੱਸ ਦਈਏ ਕਿ ਅਕਾਲੀ ਦਲ ਦੇ ਬਾਗੀ ਧੜੇ ਵਲੋਂ ਦਿੱਤੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਕੁਝ ਸਮਾਂਂ ਪਹਿਲਾਂ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਖਬੀਰ ਬਾਦਲ ਨੂੰ ਤਨਖ਼ਾਹੀਆ ਐਲਾਨ ਦਿਤਾ ਗਿਆ ਸੀ। 14 ਨਵੰਬਰ ਨੂੰ ਸੁਖਬੀਰ ਸਿੰਘ ਬਾਦਲ ਨੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਲਿਖਤੀ ਰੂਪ ਵਿੱਚ ਫੈਸਲਾ ਲੈਣ ਦੀ ਅਪੀਲ ਕੀਤੀ ਸੀ। ਸੁਖਬੀਰ ਬਾਦਲ ਖੁਦ ਅਕਾਲ ਤਖ਼ਤ ਸਾਹਿਬ ਸਕੱਤਰੇਤ ਪੁੱਜੇ ਅਤੇ ਲਿਖਤੀ ਦਰਖਾਸਤ ਸੌਂਪੀ ਸੀ। ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਉਪਰੰਤ ਉਨ੍ਹਾਂ ਕਿਹਾ ਕਿ ਅਕਾਲੀ ਦਲ ਖਿਲਾਫ ਪਿਛਲੇ ਕਈ ਸਾਲਾਂ ਤੋਂ ਗੰਦੀ ਮੁਹਿੰਮ ਚਲਾਈ ਜਾ ਰਹੀ ਹੈ। ਕੁਝ ਲੋਕਾਂ ਨੇ ਪਾਰਟੀ ਤੋਂ ਬਾਗੀ ਹੋ ਕੇ ਅਕਾਲ ਤਖ਼ਤ ਸਾਹਿਬ ਨੂੰ ਸ਼ਿਕਾਇਤ ਕੀਤੀ, ਜਿਸ ‘ਤੇ ਸਿੰਘ ਸਾਹਿਬ ਨੇ ਉਨ੍ਹਾਂ ਤੋਂ ਸਪੱਸ਼ਟੀਕਰਨ ਮੰਗਿਆ ਸੀ। ਮੈਂ ਤੁਰੰਤ ਸਪੱਸ਼ਟੀਕਰਨ ਦੇ ਦਿੱਤਾ ਅਤੇ ਅਕਾਲੀ ਦਲ ਦੇ ਪ੍ਰਧਾਨ ਵਜੋਂ ਸਭ ਕੁਝ ਆਪਣੇ ਸਿਰ ਲੈ ਲਿਆ। ਅਕਾਲੀ ਦਲ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੁਨੀਆਂ ਦੇ ਹਰ ਸਿੱਖ ਲਈ ਸਰਵਉੱਚ ਹੈ।